ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
news.describespace.com, ਚੰਡੀਗੜ੍ਹ 9 ਨਵੰਬਰ-
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਏ.ਐਸ.ਆਈ ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਲਈ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
(TagstoTranslate)ਵਿਜੀਲੈਂਸ ਬਿਊਰੋ ਨੇ ASI ਨੂੰ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ